ਆਹ ਦੇਖੋ ਅੱਜ ਲੰਗਾਹ ਨਾਲ ਕੀ ਹੋ ਗਿਆ (ਵੀਡੀਓ )

ਅੰਮ੍ਰਿਤਸਰ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਕਈ ਦਿਨਾਂ ਦੀ ਲੁਕਾ ਛਿਪੀ ਤੋਂ ਬਾਅਦ ਬੀਤੇ ਕੱਲ੍ਹ ਗੁਰਦਾਸਪੁਰ ਦੀ ਅਦਾਲਤ ਵਿਚ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 10 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਯਕੀਨਨ ਤੌਰ ‘ਤੇ ਲੰਗਾਹ ਦਾ ਮਾਮਲਾ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਹੁਣ ਪੰਜ ਸਿੰਘ ਸਾਹਿਬਾਨ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਕੇ ਜ਼ਬਰ ਜਨਾਹ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਦੋਸ਼ੀ ਕਰਾਰ ਦਿੰਦਿਆਂ ਸਿੱਖ ਪੰਥ ਵਿੱਚੋਂ ਛੇਕਣ ਦਾ ਐਲਾਨ ਕੀਤਾ ਹੈ। ਅਕਾਲ ਤਖ਼ਤ ਵੱਲੋਂ ਜਾਰੀ ਹੁਕਮਨਾਮੇ ਵਿਚ ਕਿਹਾ ਗਿਆ ਹੈ ਕਿ ਲੰਗਾਹ ਨੂੰ ਕਿਸੇ ਵੀ ਸੰਸਥਾ ਵਿਚ ਕੋਈ ਅਹੁਦਾ ਜਾਂ ਸਥਾਨ ਨਾ ਦਿੱਤਾ ਜਾਵੇ। ਦੱਸ ਦੇਈਏ ਕਿ ਪੰਥ ਵਿਚੋਂ ਛੇਕੇ ਗਏ ਵਿਅਕਤੀ ਨਾਲ ਰੋਟੀ-ਬੇਟੀ ਦੀ ਸਾਂਝ ਕਰਨ ਦੀ ਵੀ ਸਖ਼ਤ ਮਨਾਹੀ ਹੁੰਦੀ ਹੈ।

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸੁੰਚਾ ਸਿੰਘ ਲੰਗਾਹ ਦੇ ਖਿ਼ਲਾਫ਼ ਅਖ਼ਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆ ਵਿਚ ਚੱਲੀ ਚਰਚਾ ਅਤੇ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਵੱਲੋਂ ਲਿਖਤੀ ਅਤੇ ਫ਼ੋਨ ਰਾਹੀਂ ਪੁੱਜੀਆਂ ਸ਼ਿਕਾਇਤਾਂ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਲਾਹਕਾਰ ਕਮੇਟੀ ਵੱਲੋਂ ਦਿੱਤੇ ਗਏ ਸੁਝਾਅ ਉਪਰ ਕੀਤੀ ਗਈ ਦੀਰਘ ਵਿਚਾਰ ਉਪਰੰਤ ਫ਼ੈਸਲਾ ਲਿਆ ਗਿਆ ਹੈ ਕਿ ਵਿਸ਼ਵ ਭਰ ਵਿਚ ਸਿੱਖ ਉੱਚੇ ਸੁੱਚੇ ਅਤੇ ਆਦਰਸ਼ ਇਖ਼ਲਾਕ ਲਈ ਜਾਣੇ ਜਾਂਦੇ ਹਨ। ਲੰਗਾਹ ਦੀ ਇਸ ਕਾਰਵਾਈ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਉਥੇ ਸਿੱਖ ਕਿਰਦਾਰ ਨੂੰ ਵੀ ਢਾਅ ਲੱਗੀ ਹੈ।

ਸਿੰਘ ਸਹਿਬਾਨ ਨੇ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਰਹਿਤ ਮਰਿਆਦਾ ਅਨੁਸਾਰ ਬਜ਼ਰ ਕੁਰਹਿਤ ਕਰਨ ਕਰਕੇ ਦੋਸ਼ੀ ਮੰਨਦਿਆਂ ਮਾਮਲੇ ਦੀ ਗੰਭੀਰਤਾ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੋਹਰ ਅਧਿਕਾਰ ਹੇਠ ਗੁਰਮਤਿ ਜੁਗਤ ਅਨੁਸਾਰ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚੋਂ ਛੇਕਿਆ ਗਿਆ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕੀਤਾ ਕਿ ਉਹ ਸੁੱਚਾ ਸਿੰਘ ਲੰਗਾਹ ਨਾਲ ਕਿਸੇ ਕਿਸਮ ਦੀ ਕੋਈ ਸਾਂਝ ਨਾ ਰੱਖੇ।

ਭਾਵੇਂ ਲੰਗਾਹ ਨੂੰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋਸ਼ੀ ਮੰਨਦਿਆਂ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ ਪਰ ਜੇਕਰ ਇਹ ਕਿਸੇ ਹੋਰ ਸਿੱਖ ਸੰਸਥਾ ਦਾ ਮੈਂਬਰ ਹੋਵੇ ਤਾਂ ਇਸ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਇਸ ਦਾ ਨਾਂਅ ਲੈ ਕੇ ਅਰਦਾਸ ਨਾ ਕੀਤੀ ਜਾਵੇ।

ਸਿੰਘ ਸਾਹਿਬਾਨ ਨੇ ਇਹ ਵੀ ਫ਼ੈਸਲਾ ਲਿਆ ਕਿ ਅੱਗੇ ਤੋਂ ਬਜ਼ਰ ਕੁਰਹਿਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਸਿੱਖ ਧਾਰਮਿਕ ਸੰਸਥਾ ਵਿਚ ਨੁਮਾਇੰਦਗੀ ਨਾ ਦਿੱਤੀ ਜਾਵੇ ਅਤੇ ਕਿਸੇ ਵੀ ਵਿਅਕਤੀ ਨੂੰ ਅਹੁਦੇਦਾਰ ਬਣਾਉਣ ਤੋਂ ਪਹਿਲਾਂ ਉਸ ਵਿਅਕਵਤੀ ਦੇ ਕਿਰਦਾਰ ਨੂੰ ਧਿਆਨ ਵਿੱਚ ਰੱਖਿਆ ਜਾਵੇ।

ਇਸ ਤੋਂ ਇਲਾਵਾ ਸਿਰਸੇ ਵਾਲੇ ਸਾਧ ਕੋਲੋਂ ਵੋਟਾਂ ਮੰਗਣ ਲਈ ਗਏ ਅਰਜਨ ਸਿੰਘ ਬਾਦਲ ਪੁੱਤਰ ਮਨਪ੍ਰੀਤ ਸਿੰਘ ਬਾਦਲ ਅਤੇ ਬੀਬੀ ਰਾਜਿੰਦਰ ਕੌਰ ਭੱਠਲ, ਜਿਨ੍ਹਾਂ ਵੱਲੋਂ ਉਸ ਸਮੇਂ ਨਾ ਪੁੱਜ ਸਕਣ ਬਾਰੇ ਲਿਖਤੀ ਦਿੱਤਾ ਗਿਆ ਪਰ ਅਜੇ ਤੱਕ ਇਹ ਹਾਜ਼ਰ ਨਹੀਂ ਹੋਏ। ਇਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਆਖਰੀ ਮੌਕਾ ਦਿੱਤਾ ਜਾਂਦਾ ਹੈ। ਜੇਕਰ ਇਹ ਇਸ ਵਾਰ ਵੀ ਪੇਸ਼ ਨਾ ਹੋਏ ਤਾਂ ਇਨ੍ਹਾਂ ‘ਤੇ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਗੁਰਦੁਆਰਾ ਛੋਟਾ ਘੱਲੂਘਾਰਾ ਦੇ ਚੱਲ ਰਹੇ ਕੇਸ ਸਬੰਧੀ ਉਥੋਂ ਦੇ ਪ੍ਰਧਾਨ ਮਾਸਟਰ ਜੌਹਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਦੋ ਮੌਕੇ ਦਿੱਤੇ ਗਏ ਪਰ ਉਸ ਵੱਲੋਂ ਕੋਈ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਇਸ ਲਈ ਇਸ ਨੂੰ ਆਪਣਾ ਪੱਖ ਪੇਸ਼ ਕਰਨ ਲਈ ਇੱਕ ਆਖਰੀ ਮੌਕਾ ਦਿੰਦੇ ਹੋਏ ਪੰਜ ਸਿੰਘ ਸਾਹਿਬਾਨ ਨੇ 13 ਅਕਤੂਬਰ ਨੂੰ ਪੇਸ਼ ਹੋਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਨੇ ਇਸ ਵਾਰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਨਾ ਦਿੱਤਾ ਤਾਂ ਇਸ ਨੂੰ ਅਕਾਲ ਤਖ਼ਤ ਸਾਹਿਬ ਤੋਂ ਬਾਗ਼ੀ ਸਮਝਦੇ ਹੋਏ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸਰਬੱਤ ਖ਼ਾਲਸਾ ਵੱਲੋਂ ਥਾਪੇ ਮੁਤਵਾਜ਼ੀ ਜੱਥੇਦਾਰਾਂ ਵੱਲੋਂ ਹੁਕਮਨਾਮਾ ਜਾਰੀ ਕਰਦਿਆਂ ਬਲਾਤਕਾਰ ਦੇ ਮਾਮਲੇ ਵਿੱਚ ਚਰਚਾ ਦਾ ਵਿਸ਼ਾ ਬਣੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚੋਂ ਛੇਕੇ ਜਾਣ ਦਾ ਹੁਕਮਨਾਮਾ ਜਾਰੀ ਕੀਤਾ ਸੀ।

ਮੁ਼ਤਵਾਜ਼ੀ ਜਥੇਦਾਰਾਂ ਨੇ ਇਸ ਦੇ ਨਾਲ ਹੀ ਬੀਤੇ ਦਿਨੀਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ ਟਰੱਸਟ ਦੇ ਸਕੱਤਰ ਬੂਟਾ ਸਿੰਘ ਵੱਲੋਂ ਇੱਕ ਔਰਤ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਬੂਟਾ ਸਿੰਘ ਨੂੰ ਵੀ ਸਿੱਖੀ ਵਿੱਚੋਂ ਖਾਰਜ ਕਰਨ ਦਾ ਆਦੇਸ਼ ਜਾਰੀ ਕੀਤਾ ਸੀ।

ਮੁਤਵਾਜ਼ੀ ਜੱਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਤੋਂ ਇਲਾਵਾ ਭਾਈ ਮੇਜਰ ਸਿੰਘ ਤੇ ਭਾਈ ਸੂਬਾ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਕੀਤੀ ਗਈ। ਜ਼ਿਕਰਯੋਗ ਹੈ ਪੰਜ ਸਿੰਘ ਸਾਹਿਬਾਨ ਵੱਲੋਂ ਲੰਗਾਹ ਮਾਮਲੇ ਵਿੱਚ ਭਲਕੇ 5 ਅਕਤੂਬਰ ਨੂੰ ਇੱਕਤਰਤਾ ਬੁਲਾਈ ਗਈ ਹੈ, ਪਰ ਮੁਤਵਾਜ਼ੀ ਜੱਥੇਦਾਰਾਂ ਵੱਲੋਂ ਇਸ ਤੋਂ ਇੱਕ ਦਿਨ ਪਹਿਲਾਂ ਹੀ ਆਪਣਾ ਹੁਕਮਨਾਮਾ ਜਾਰੀ ਕਰ ਦਿੱਤਾ ਗਿਆ ਹੈ।

ਬੀਤੇ ਦਿਨ ਲੰਗਾਹ ਦੀ ਪੇਸ਼ੀ ਦੌਰਾਨ ਕਈ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਜਦੋਂ ਪੁਲਿਸ ਸੁੱਚਾ ਸਿੰਘ ਲੰਗਾਹ ਨੂੰ ਅਦਾਲਤੀ ਕੰਪਲੈਕਸ ਤੋਂ ਬਾਹਰ ਲੈ ਕੇ ਜਾਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਲੰਗਾਹ ਨੂੰ ਪੁਲਿਸ ਦੀ ਗੱਡੀ ਵਿਚ ਬਿਠਾਇਆ ਹੀ ਗਿਆ ਸੀ ਤਾਂ ਇਕ ਸਿੱਖ ਨੌਜਵਾਨ ਨੇ ਕ੍ਰਿਪਾਨ ਨਾਲ ਲੰਗਾਹ ‘ਤੇ ਹਮਲਾ ਕਰ ਦਿੱਤਾ। ਪੁਲਿਸ ਇਸ ਘਟਨਾ ਤੋਂ ਹੈਰਾਨ ਰਹਿ ਗਈ ਪਰ ਲੰਗਾਹ ਇਸ ਹਮਲੇ ਵਿਚ ਵਾਲ-ਵਾਲ ਬਚ ਗਏ ਸਨ।

ਸੁੱਚਾ ਸਿੰਘ ਲੰਗਾਹ ਦੇ ਅਦਾਲਤ ਪੁੱਜਣ ਬਾਰੇ ਜਿਵੇਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੂੰ ਪਤਾ ਲੱਗਾ ਤਾਂ ਉਸ ਦੇ ਵੱਡੀ ਗਿਣਤੀ ਵਿਚ ਕਮੇਟੀ ਮੈਂਬਰ ਅਦਾਲਤ ਕੰਪਲੈਕਸ ਪਹੁੰਚ ਗਏ ਸਨ। ਇਸ ਮੌਕੇ ਪਹੁੰਚ ਕੇ ਉਨ੍ਹਾਂ ਨੇ ਲੰਗਾਹ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਲੰਗਾਹ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਸੀ।

error: Content is protected !!