ਜਲੰਧਰ ਕੈਂਟ ਦੀ ਵਸਨੀਕ ਪਰਵਿੰਦਰ ਕੌਰ ਨੇ 1 ਸਾਲ 7 ਮਹੀਨਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨ ਸਰੂਪ ਹੱਥੀ ਲਿਖਿਆ ਹੈ ..
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ..
ਵਰ-ਤਖ਼ਤ ਦੇ ਮਾਲਕ, ਹਾਜ਼ਰਾ-ਹਜ਼ੂਰ, ਸਰਬ ਕਲਾ ਭਰਪੂਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖ ਧਰਮ ਦੇ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਦਾ ਕਲਿਆਣ ਕਰਨ ਵਾਲੇ ਪਾਵਨ ਧਰਮ ਗ੍ਰੰਥ ਹਨ। ਇਸ ਮਹਾਨ ਪਾਵਨ ਗ੍ਰੰਥ ਦੀ ਵਡਿਆਈ ਇਸ ਵਿਚ ਵੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ-ਸਾਂਝੇ ਅਤੇ ਕਲਿਆਣਕਾਰੀ ਉਪਦੇਸ਼ਾਂ ਤੋਂ ਸਰਬੱਤ ਦੇ ਭਲੇ ਦਾ ਪੈਗ਼ਾਮ ਸਮੁੱਚੀ ਮਨੁੱਖਤਾ ਨੂੰ ਨਸੀਬ ਹੁੰਦਾ ਹੈ। ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿੱਚੋਂ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ-ਕਮਲਾਂ ਨਾਲ ਸੰਪਾਦਿਤ ਕੀਤਾ ਹੈ।
ਸਮੂਹ ਧਰਮਾਂ ਦੇ ਇਤਿਹਾਸ ਵਿਚ ਇਹੋ ਇਕ ਅਜਿਹਾ ਅਦੁੱਤੀ ਪਾਵਨ ਗ੍ਰੰਥ ਹੈ, ਜਿਸ ਦਾ ਰੋਜ਼ਾਨਾ ਪ੍ਰਕਾਸ਼ ਤੇ ਸੁਖ ਆਸਣ ਬੜੇ ਅਦਬ ਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਚ ਕੀਤਾ ਜਾਂਦਾ ਹੈ ਅਤੇ ਲੱਖਾਂ ਪ੍ਰਾਣੀ ਰੋਜ਼ ਨਮਸਕਾਰ ਕਰਕੇ ਆਪਣੇ ਜੀਵਨ ਦੇ ਕਲਿਆਣ ਲਈ ਅਰਦਾਸਾਂ, ਬੇਨਤੀਆਂ ਤੇ ਜੋਦੜੀਆਂ ਕਰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪਰਮੇਸ਼ਰ ਜਾਂ ਨਿਰੰਕਾਰ ਦੇ ਬੋਲ ਹਨ, ਜੋ ਉਸ ਦੀ ਕ੍ਰਿਪਾ-ਦ੍ਰਿਸ਼ਟੀ ਸਦਕਾ ਬਾਣੀਕਾਰਾਂ ਦੇ ਮਾਧਿਅਮ ਰਾਹੀਂ ਸੰਸਾਰੀ ਜੀਵਾਂ ਨੂੰ ਪ੍ਰਾਪਤ ਹੋਏ ਹਨ:
ਹਉ ਆਪਹੁ ਬੋਲਿ ਨ ਜਾਣਦਾ
ਮੈ ਕਹਿਆ ਸਭੁ ਹੁਕਮਾਉ ਜੀਉ॥
(ਪੰਨਾ 763)
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ
ਹਰਿ ਕਰਤਾ ਆਪਿ ਮੁਹਹੁ ਕਢਾਏ॥
(ਪੰਨਾ 308)
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਗਿਆਨ ਦਾ ਜਗ-ਮਗ ਕਰਦਾ ਸੂਰਜ ਹੈ, ਜਿਸ ਨਾਲ ਮਨ ਦੇ ਹਨ੍ਹੇਰੇ ਦੂਰ ਹੁੰਦੇ ਹਨ:
ਗੁਰਬਾਣੀ ਇਸੁ ਜਗ ਮਹਿ ਚਾਨਣੁ
ਕਰਮਿ ਵਸੈ ਮਨਿ ਆਏ॥
(ਪੰਨਾ 67)
ਸ੍ਰੀ ਗੁਰੂ ਗ੍ਰੰਥ ਸਾਹਿਬ ਸਰਬੱਤ ਦੇ ਗੁਰੂ ਹਨ। ਦਸ ਗੁਰੂ ਸਾਹਿਬ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਭਾਵ ‘ਸ਼ਬਦ-ਗੁਰੂ’ ਸਾਡਾ ਗੁਰੂ ਹੈ। ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ‘ਸਬਦ ਗੁਰੂ ਸੁਰਤਿ ਧੁਨਿ ਚੇਲਾ’ ਉਚਾਰਣ ਕਰਕੇ ਸ਼ਬਦ-ਗੁਰੂ ਸੰਸਥਾ ਦੀ ਨੀਂਹ ਰੱਖੀ। ਸ਼ਬਦ-ਗੁਰੂ ਦੀ ਪ੍ਰੋੜ੍ਹਤਾ ਸ੍ਰੀ ਗੁਰੂ ਰਾਮਦਾਸ ਜੀ ਪਾਵਨ ਬਾਣੀ ਅੰਦਰ ਇਸ ਤਰ੍ਹਾਂ ਕਰਦੇ ਹਨ:
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥5॥
(ਪੰਨਾ 982)
ਸ਼ਬਦ-ਗੁਰੂ ਦਾ ਸਤਿਕਾਰ ਗੁਰੂ-ਘਰ ਵਿਚ ਪਰਮੇਸ਼ਰ ਦੇ ਸਾਮਾਨ ਹੈ। ਗੁਰੂ ਤੇ ਪਰਮੇਸ਼ਰ ਸਾਮਾਨ ਹਨ, ਭਾਵ ਇਕ ਹੀ ਹਨ। ਦੋਨਾਂ ਵਿਚ ਕੋਈ ਭੇਦ, ਵੱਖਰਤਾ ਨਹੀਂ ਹੈ। ਗੁਰੂ ਤੇ ਪਰਮੇਸ਼ਰ ਦਾ ਗੁਰਮਤਿ ਵਿਚ ਦਰਜਾ ਬਰਾਬਰ ਅਤੇ ਸਨਮਾਨਯੋਗ ਹੈ:
ਗੁਰੁ ਪਰਮੇਸਰੁ ਏਕੋ ਜਾਣੁ ॥ (ਪੰਨਾ 864)
ਪਾਰਬ੍ਰਹਮ ਗੁਰ ਨਾਹੀ ਭੇਦ ॥ (ਪੰਨਾ 1142)