ਪੰਜਾਬ ਦੀ ਵਾਗਡੋਰ ਹੱਥ ਆਵੇ ਤਾਂ ਹਰ ਹਲਕੇ ਵਿੱਚ ਭੇਜਾਂਗਾ ‘ਨੋਟਾਂ ਦੇ ਟਰੱਕ’-ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨਿਕੰਮੀ ਸਰਕਾਰ ਦੱਸਿਆ ਹੈ, ਉੱਥੇ ਖ਼ਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਕੇ ਵਿਕਾਸ ਪੱਖੋਂ ਪਿਛਲੇ ਇੱਕ ਸਾਲ ਤੋਂ ਹੱਥ ਖਿੱਚ ਰਹੀ ਸਰਕਾਰ ਨੂੰ ਉਨ੍ਹਾਂ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਉਹ 2 ਮਹੀਨੇ ਲਈ ਸੱਤਾ ਦੀ ਵਾਗਡੋਰ ਉਨ੍ਹਾਂ ਹੱਥ ਦੇਣ ਤੇ ਦੇਖਣ ਕਿ ਉਹ ਕਿਵੇਂ ਹਰੇਕ ਹਲਕੇ ਵਿੱਚ ਨੋਟਾਂ ਦੇ ਟਰੱਕ ਭੇਜਦੇ ਹਨ।
ਉਹ ਸਮਾਣਾ ਵਿੱਚ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਕੀਤੀ ‘ਪੋਲ ਖੋਲ੍ਹੋ’ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਰੈਲੀ ਵਿੱਚ ਲੋਕਾਂ ਦੇ ਵਿਸ਼ਾਲ ਇੱਕਠ ਤੋਂ ਬਾਗ਼ੋਬਾਗ਼ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਦੇ ਆਪਣੇ ਜ਼ਿਲ੍ਹੇ ਵਿੱਚ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਕੈਪਟਨ ਸਰਕਾਰ ਤੋਂ ਕਿੰਨੀ ਦੁਖੀ ਹੈ।
ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸਨ, ਸਗੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਰਾ ਲਾ ਕੇ ਉਨ੍ਹਾਂ ਦੇ ਜਜ਼ਬਾਤ ਨਾਲ ਖਿਲਵਾੜ ਕੀਤਾ ਹੈ।
ਉਨ੍ਹਾਂ ਚੁਣੌਤੀ ਦਿੱਤੀ ਕਿ ਜੇਕਰ ਕੈਪਟਨ ਤੋਂ ਸੱਤਾ ਨਹੀਂ ਸੰਭਲਦੀ ਤਾਂ ਉਹ ਦੋ ਮਹੀਨੇ ਲਈ ਸੱਤਾ ਦੀ ਵਾਗਡੋਰ ਉਨ੍ਹਾਂ ਹੱਥ ਦੇਣ, ਉਹ ਪੰਜਾਬ ਦੇ ਹਰੇਕ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਨੋਟਾਂ ਦੇ ਟਰੱਕ ਭੇਜ ਦੇਣਗੇ।
Sikh Website Dedicated Website For Sikh In World