ਬੀਤੇ ਦਿਨੀਂ ਚੀਫ਼ ਖ਼ਾਲਸਾ ਦੀਵਾਨ ਦੇ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦੇ ਸਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਖ਼ੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਇਸ ਮਾਮਲੇ ਵਿਚ ਵੱਡਾ ਬਦਲਾਅ ਆ ਗਿਆ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਚੱਢਾ ਵੀ ਆਪਣੇ ਪੁੱਤਰ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏੇ।
ਜਾਣਕਾਰੀ ਅਨੁਸਾਰ ਮਹਿਲਾ ਟੀਚਰ ਨਾਲ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਕਾਂਡ ‘ਚ ਨਾਮਜ਼ਦ ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਪਿਛਲੇ ਕਾਫ਼ੀ ਦਿਨਾਂ ਤੋਂ ਅੰਡਰਗਰਾਊਂਡ ਚਲੇ ਆ ਰਹੇ ਸਨ ਪਰ ਅੱਜ ਉਹ ਆਪਣੇ ਪੁੱਤਰ ਦੇ ਅੰਤਿਮ ਸਸਕਾਰ ‘ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸੀ ਵਿਧਾਇਕ ਸਮੇਤ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਮੌਜੂਦ ਸਨ।
ਚਰਨਜੀਤ ਸਿੰਘ ਚੱਢਾ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨ ਪਟੀਸ਼ਨ ‘ਤੇ ਸਥਾਨਕ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਹਾਲਾਂਕਿ 10 ਜਨਵਰੀ ਲਈ ਪੁਲਿਸ ਨੂੰ ਨੋਟਿਸ ਵੀ ਜਾਰੀ ਕੀਤਾ ਹੋਇਆ ਸੀ ਪਰ ਇਸੇ ਦੌਰਾਨ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਬੁੱਧਵਾਰ ਨੂੰ ਪ੍ਰੇਸ਼ਾਨ ਹੋ ਕੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਆਪਣੇ ਬੇਟੇ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿਚ ਸ਼ਾਮਲ ਹੋਣ ਲਈ ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਅਦਾਲਤ ਵਿਚ ਸਪਲੀਮੈਂਟਰੀ ਪਟੀਸ਼ਨ ਦਾਇਰ ਕਰ ਦਿੱਤੀ ਸੀ, ਜਿਸ ‘ਤੇ ਅਦਾਲਤ ਨੇ ਚੱਢਾ ਦੀ 10 ਜਨਵਰੀ ਤੱਕ ਲਈ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਚਰਨਜੀਤ ਸਿੰਘ ਚੱਢਾ ਦੇ ਸਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੇ ਖ਼ੁਦਕੁਸ਼ੀ ਪੱਤਰ ਵਿਚ 11 ਲੋਕਾਂ ਦੇ ਨਾਮ ਲਿਖੇ ਹਨ, ਜਿਨ੍ਹਾਂ ‘ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।
ਇਸ ਤੋਂ ਇਲਾਵਾ ਆਪਣੇ ਖੁਦਕੁਸ਼ੀ ਪੱਤਰ ਵਿਚ ਇੰਦਰਪ੍ਰੀਤ ਨੇ ਆਪਣੇ ਪਿਤਾ ਨੂੰ ਬੇਕਸੂਰ ਦੱਸਦਿਆਂ ਅਸਲੀ ਦੋਸ਼ੀ ਵੀਡੀਓ ਵਿਚ ਦਿਖਾਈ ਦੇਣ ਵਾਲੀ ਪ੍ਰਿੰਸੀਪਲ ਔਰਤ ਨੂੰ ਦੱਸਿਆ ਸੀ। ਉਸ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਤ ਹੁੰਦੇ ਹੋਏ ਲਿਖੇ ਇਸ ਖ਼ੁਦਕੁਸ਼ੀ ਪੱਤਰ ਵਿਚ ਕਾਫ਼ੀ ਕੁਝ ਬਿਆਨ ਕੀਤਾ। ਉਸ ਨੇ ਸਾਰਾ ਕੁਝ ਵਿਸਥਾਰ ਵਿਚ ਦੱਸਿਆ ਕਿ ਕਿਸ ਤਰ੍ਹਾਂ ਉਸ ਦੇ ਪਿਤਾ ਤੋਂ ਪੈਸੇ ਵਸੂਲਣ ਲਈ ਉਨ੍ਹਾਂ ਨੂੰ ਸਾਜਿਸ਼ ਦਾ ਸ਼ਿਕਾਰ ਬਣਾਇਆ ਗਿਆ।
ਬੀਤੇ ਦਿਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦ ਨੂੰ ਗੋਲੀ ਮਾਰ ਲਈ ਸੀ। ਗੋਲੀ ਲੱਗਣ ਤੋਂ ਬਾਅਦ ਇੰਦਰਪ੍ਰੀਤ ਸਿੰਘ ਚੱਢਾ ਨੂੰ ਅੰਮ੍ਰਿਤਸਰ ਦੇ ਆਈ. ਵੀ. ਵਾਈ. ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਇੰਦਰਪ੍ਰੀਤ ਸਿੰਘ ਦੀ ਲਾਸ਼ ਪੋਸਟਮਾਰਟਮ ਲਈ ਹਸਪਤਾਲ ਪੁੱਜੀ ‘ਤੇ ਪੋਸਟਮਾਰਟਮ ਦੀ ਕਾਰਵਾਈ ਕੀਤੀ ਗਈ ਸੀ।
ਬੀਤੇ ਦਿਨੀਂ ਖੁਦਕੁਸ਼ੀ ਕਰਨ ਵਾਲੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਵੱਲੋਂ ਆਪਣੀ ਮੌਤ ਤੋਂ ਪਹਿਲਾਂ ਦੋ ਪੱਤਰ ਲਿਖੇ ਗਏ ਸਨ, ਜਿਨ੍ਹਾਂ ’ਚ ਉਸ ਨੇ ਆਪਣੇ ਪਿਤਾ ਅਤੇ ਉਸ ਨੂੰ ਬਦਨਾਮ ਕਰਨ ਪਿੱਛੇ ਡੂੰਘੀ ਸਾਜ਼ਿਸ਼ ਰਚੇ ਜਾਣ ਦੀ ਗੱਲ ਕਹੀ ਹੈ। ਇਹ ਦੋਵੇਂ ਪੱਤਰ ਪੁਲੀਸ ਨੂੰ ਇੰਦਰਪ੍ਰੀਤ ਸਿੰਘ ਚੱਢਾ ਦੀ ਕਾਰ ਵਿੱਚੋਂ ਪ੍ਰਾਪਤ ਹੋਏ ਸਨ। ਇਕ ਉਚ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਸੀ ਕਿ ਇਹ ਪੱਤਰ ਉਸ ਦੇ ਬੈਗ ਵਿੱਚ ਸਨ।