ਬਲਾਤਕਾਰ ਕੇਸ ‘ਚ ਫਸੇ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਿੰਦਾ ਕੀਤੀ ਹੈ ਅਤੇ ਲੰਗਾਹ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਹਰਸਿਮਰਤ ਬਾਦਲ ਮੰਗਲਵਾਰ ਨੂੰ ਬਠਿੰਡਾ ਵਿਖੇ ਇਕ ਪ੍ਰੋਗਰਾਮ ‘ਚ ਪੁੱਜੇ ਹੋਏ ਸਨ।
ਦੱਸਣਯੋਗ ਹੈ ਕਿ ਗੁਰਦਸਾਪੁਰ ਸਿਟੀ ਪੁਲਸ ਨੇ ਇਕ ਵਿਧਵਾ ਮਹਿਲਾ ਪੁਲਸ ਮੁਲਾਜ਼ਮ ਦੀ ਸ਼ਿਕਾਇਤ ‘ਤੇ ਸੁੱਚਾ ਸਿੰਘ ਲੰਗਾਹ ਖਿਲਾਫ ਬਲਾਤਕਾਰ ਦੇ ਦੋਸ਼ਾਂ ਤਹਿਤ ਐਫ.ਆਈ.ਆਰ ਦਰਜ ਕੀਤੀ ਸੀ। ਪੀੜਤਾ ਨੇ ਇਸ ਸਬੰਧੀ ਪੁਲਸ ਨੂੰ ਇਕ ਵੀਡੀਓ ਵੀ ਸੌਂਪੀ ਸੀ। ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਨੇ ਹੁਣ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁੱਖ ਕਰ ਲਿਆ ਹੈ। ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ਵਿਚ ਸਰੰਡਰ ਕਰਨ ਲਈ ਚੰਡੀਗੜ੍ਹ ਤੋਂ ਗੁਰਦਾਸਪੁਰ ਤਕ ਲਈ ਸੁਰੱਖਿਆ ਮੰਗੀ ਹੈ। ਸੂਤਰਾਂ ਮੁਤਾਬਕ ਲੰਗਾਹ ਨੇ ਇਸ ਮਾਮਲੇ ਸੰਬੰਧੀ ਪੰਜਾਬ-ਹਰਿਆਣਾ ਹਾਈਕੋਰਟ ਵਿਚ ਅਰਜ਼ੀ ਦਾਇਰ ਕਰ ਦਿੱਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਲੰਗਾਹ ਮੰਗਲਵਾਰ ਨੂੰ ਗੁਰਦਾਸਪੁਰ ਦੀ ਅਦਾਲਤ ਵਿਚ ਸਰੰਡਰ ਕਰ ਸਕਦੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਦੀ ਜ਼ਿਲਾ ਅਦਾਲਤ ਵਿਚ ਸਰੰਡਰ ਕੀਤਾ ਸੀ ਪਰ ਅਦਾਲਤ ਨੇ ਲੰਗਾਹ ਦੀ ਅਰਜ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਇਹ ਕਹਿੰਦਿਆਂ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਕਿ ਇਹ ਉਨ੍ਹਾਂ ਦੇ ਸੀਮਾ ਖੇਤਰ ਤੋਂ ਬਾਹਰ ਦਾ ਮਾਮਲਾ ਹੈ, ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਗੁਰਦਾਸਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰਨ।