ਪਟਿਆਲਾ (ਸੁਖਵਿੰਦਰ ਸਿੰਘ):ਪੰਜਾਬ ਦੇ ਕਿਸਾਨ ਕਰਜ਼ਾ ਮੁਆਫੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨਗੇ। ਕਿਸਾਨਾਂ ਨੇ ਸਰਕਾਰ ਨੂੰ 27 ਅਕਤੂਬਰ ਤੱਕ ਸਾਰਾ ਕਰਜ਼ਾ ਮੁਆਫ ਕਰਨ ਦੀ ਚੇਤਾਵਨੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਸੱਤ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 7 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ਼ ਨਾ ਕੀਤਾ ਤਾਂ ਕਿਸਾਨ ਆਰ-ਪਾਰ ਦੀ ਲੜਾਈ ਲੜਨਗੇ। ਜਥੇਬੰਦੀਆਂ 27 ਅਕਤੂਬਰ ਨੂੰ ਮੀਟਿੰਗ ਕਰਕੇ ਅਗਲੇ ਸੰਗਰਸ਼ ਦੀ ਰਣਨੀਤੀ ਬਣਾਉਣਗੇ।
ਜਗਮੋਹਨ ਸਿੰਘ ਨੇ ਸਾਫ ਕਿਹਾ ਕਿ ਜੇਕਰ ਸਰਕਾਰ ਨੇ ਪਰਾਲੀ ਦਾ 200 ਰੁਪਏ ਏਕੜ ਮੁਆਵਜ਼ਾ ਨਾ ਦਿੱਤਾ ਤਾਂ ਉਹ ਪਰਾਲੀ ਨੂੰ ਅੱਗ ਲਾਉਣਗੇ ਕਿਉਂਕਿ ਪਰਾਲੀ ਨੂੰ ਅੱਗ ਨਾ ਲਾਉਣ ਕਰਕੇ ਉਨ੍ਹਾਂ ਨੂੰ ਪ੍ਰਤੀ ਏਕੜ ਦਾ 6-7 ਹਜ਼ਾਰ ਰੁਪਏ ਵਾਧੂ ਖਰਚਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਫ਼ਸਲ ਦਾ ਭਾਅ ਪੂਰਾ ਨਾ ਮਿਲਣ ਕਾਰਨ ਕਿਸਾਨ ਕਰਜ਼ਈ ਹੋ ਰਹੇ ਹਨ, ਉਤੋਂ ਉਹ ਵਾਧੂ ਦਾ ਖਰਚਾ ਨਹੀਂ ਝੱਲ ਸਕਦੇ। ਅੱਜ ਦੇ ਇਸ ਧਰਨੇ ਵਿੱਚ ਕਿਸਾਨਾਂ ਨੇ ਪਰਾਲੀ ਦੇ ਢੇਰ ਨੂੰ ਅੱਗ ਲਾ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ। ਧਰਨੇ ਦੇ ਆਖਰੀ ਦਿਨ ਕਿਸਾਨ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪੰਹੁਚੇ। ਕਿਸਾਨ ਨੇ ਧਰਨਾ ਸਮਾਪਤੀ ਸਮੇਂ ਭਵਾਨੀਗੜ੍ਹ ਸੰਗਰੂਰ ਸੜਕ ਉੱਤੇ ਵੱਡਾ ਮੁਜ਼ਾਹਰਾ ਕੀਤਾ।
ਉਨ੍ਹਾਂ ਕਿਹਾ ਕਿ ਕਿਸਾਨਾਂ-ਖੇਤ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਚੋਣ ਵਾਅਦੇ ਮੁਤਾਬਕ 10 ਲੱਖ ਰੁਪਏ ਮੁਆਵਜ਼ਾ ਦੇਣ, ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਨ, ਕਰਜ਼ਾ ਦੇਣ ਸਮੇਂ ਬੈਂਕਾਂ ਆੜ੍ਹਤੀਆਂ ਤੇ ਸੂਦਖੋਰਾਂ ਵੱਲੋਂ ਗੈਰ ਕਾਨੂੰਨੀ ਤੌਰ ‘ਤੇ ਲਏ ਦਸਖ਼ਤਾਂ ਵਾਲੇ ਹੋਏ ਖਾਲੀ ਚੈੱਕ ਤੇ ਖਾਲੀ ਪ੍ਰਨੋਟ ਵਾਪਸ ਕਰਵਾਵੇ ਤੇ ਅੱਗੇ ਤੋਂ ਇਹ ਸਿਲਸਲਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਚਿੰਤਤ ਹੈl
ਜ਼ਿਕਰਯੋਗ ਹੈ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ 22 ਸਤੰਬਰ ਨੂੰ ਕਰਜ਼ਾ ਮੁਆਫ਼ੀ ਲਈ ਮੋਤੀ ਮਹਿਲ ਅੱਗੇ ਧਰਨੇ ਲਾਉਣ ਦਾ ਐਲਾਨ ਕੀਤਾ ਸੀ। ਇਸ ਨੂੰ ਗ਼ੈਰਕਾਨੂੰਨੀ ਐਲਾਨਣ ਲਈ ਹਾਈਕੋਰਟ ਵਿੱਚ ਬੀਤੇ ਬੁੱਧਵਾਰ ਨੂੰ ਪਟੀਸ਼ਨ ਦਾਇਰ ਕੀਤੀ ਸੀ। ਇਸ ਦੀ ਵੀਰਵਾਰ ਨੂੰ ਪਹਿਲੀ ਸੁਣਵਾਈ ਦੌਰਾਨ ਕੋਰਟ ਨੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਦੱਸਦਿਆਂ ਸਰਕਾਰ ਨੂੰ ਧਰਨੇ ਲਈ ਵੱਖਰੀ ਜਗ੍ਹਾ ਮੁਹੱਈਆ ਕਰਾਉਣ ਦੇ ਹੁਕਮ ਦਿੱਤੇ ਸੀ। ਇਸ ਤੋਂ ਬਾਅਦ ਕਿਸਾਨ ਨੇ ਪੰਜ ਦਿਨ ਦਾ ਧਰਨਾ ਪਟਿਆਲਾ ਸੰਗਰੂਰ ਰੋਡ ਪਿੰਡ ਮਹਿਮਦਪੁਰ ਦੀ ਦਾਣਾ ਮੰਡੀ ਵਿੱਚ ਧਾਰਨ ਲਾਇਆ।