ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੂੰ ਮਿਲਣ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਸਿੱਖ ਕੌਮ ਨੂੰ ਦਿੱਤੇ ਗਏ ਬੇਹੱਦ ਮਾਣ-ਸਤਿਕਾਰ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਲਈ ਸ: ਬਾਦਲ ਨੇ ਸ੍ਰੀ ਨਿਤਿਸ਼ ਕੁਮਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਅਤੇ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਿੱਖ ਸੰਗਤ ਨਾਲ ਗੱਲਬਾਤ ਕੀਤੀ ਅਤੇ ਕੀਰਤਨ ਸੁਣਿਆ।
ਇਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਸਾਹਿਬਾਨ ਨਾਲ ਸਬੰਧਿਤ ਸ਼ਸਤਰਾਂ-ਬਸਤਰਾਂ ਦੇ ਦਰਸ਼ਨ ਕੀਤੇ। ਤਖ਼ਤ ਸਾਹਿਬ ਵਿਖੇ ਸਜਾਏ ਗਏ ਮੁੱਖ ਪੰਡਾਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ‘ਚ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਸੱਤਪਾਲ ਮਲਿਕ ਨੇ ਕਿਹਾ ਕਿ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਨੇ ਮਹਿਜ਼ 42 ਸਾਲ ਦੀ ਉਮਰ ‘ਚ ਕ੍ਰਾਂਤੀਕਾਰੀ, ਸਮਾਜ ਸੁਧਾਰਕ, ਮਾਨਵਤਾ, ਆਦਰਸ਼ਾਂ, ਸਿਧਾਂਤਾਂ, ਸਰੋਕਾਰਾਂ ਅਤੇ ਤਿਆਗਤਾ ਦੀ ਮਿਸਾਲ ਪੈਦਾ ਕੀਤੀ ਪਰ ਭਾਰਤ ‘ਚ ਉਨ੍ਹਾਂ ਨੂੰ ਮਨੁੱਖਤਾ ਲਈ ਦਿੱਤੇ ਗਏ ਬਲੀਦਾਨ ਅਤੇ ਕੀਤੇ ਗਏ ਪਰਉਪਕਾਰਾਂ ਮੁਤਾਬਿਕ ਪੂਰਾ ਮਾਣ-ਸਤਿਕਾਰ ਨਹੀਂ ਦਿੱਤਾ ਗਿਆ, ਜਿਸ ਨੂੰ ਉਹ ਮਹਿਸੂਸ ਕਰਦੇ ਹਨ, ਕਿਉਂਕਿ ਚਾਹੇ ਉਨ੍ਹਾਂ ਦਾ ਪਿਛੋਕੜ ਹਿੰਦੂ ਧਰਮ ਨਾਲ ਸਬੰਧਿਤ ਹੈ ਪਰ ਬਚਪਨ ਤੋਂ ਹੀ ਸਿੱਖ ਧਰਮ ਤੋਂ ਪ੍ਰਭਾਵਿਤ ਹੋਣ ਕਰਕੇ ਉਨ੍ਹਾਂ ਸਿੱਖ ਇਤਿਹਾਸ ਨੂੰ ਡੂੰਘਾਈ ਨਾਲ ਵਾਚਿਆ ਹੈ।
ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਤੇ ਡਾ: ਰੂਪ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸ: ਬਾਦਲ ਨੇ ਸ੍ਰੀ ਨਿਤਿਸ਼ ਕੁਮਾਰ ਨੂੰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੇ ਨਾਲ-ਨਾਲ ਅੰਮ੍ਰਿਤਸਰ ਸਾਹਿਬ, ਨਾਂਦੇੜ ਸਾਹਿਬ ਅਤੇ ਪਟਨਾ ਸਾਹਿਬ ਨੂੰ ਆਪਸ ‘ਚ ਰੇਲ ਮਾਰਗ ਨਾਲ ਜੋੜਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਵਲੋਂ 351 ਸਾਲਾ ਪ੍ਰਕਾਸ਼ ਪੁਰਬ ਸਮਾਗਮ ਜੰਗੀ ਪੱਧਰ ‘ਤੇ ਮਨਾਉਣ ਲਈ ਕੀਤੇ ਗਏ ਬੇਮਿਸਾਲ ਪ੍ਰਬੰਧਾਂ ਲਈ ਸਿੱਖ ਕੌਮ ਹਮੇਸ਼ਾ ਉਨ੍ਹਾਂ ਦੀ ਰਿਣੀ ਰਹੇਗੀ। ਇਸ ਦੌਰਾਨ ਉਕਤ ਸ਼ਖ਼ਸੀਅਤਾਂ ਵਲੋਂ ਨਿਤਿਸ਼ ਕੁਮਾਰ ਨੂੰ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅੰਤਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਸ: ਗੁਰਮੀਤ ਸਿਘ ਬੂਹ, ਭਾਈ ਰਜਿੰਦਰ ਸਿੰਘ ਮਹਿਤਾ ਤੇ ਬੀਬੀ ਜੋਗਿੰਦਰ ਕੌਰ ਆਦਿ ਹਾਜ਼ਰ ਸਨ।